Breaking
Tue. Jul 7th, 2026

2027 ‘ਚ ਇਕਜੁੱਟਤਾ ਨਾਲ ਪੰਜਾਬ ‘ਚ ਬਣਾਵਾਂਗੇ ਕਾਂਗਰਸ ਦੀ ਸਰਕਾਰ : ਐਡਵੋਕੇਟ ਰੋਹਿਤ ਜੋਸ਼ੀ

ਪੰਜਾਬ

“ਭਾਜਪਾ ਦਾ ਝੂਠਾ ਪ੍ਰਚਾਰ ਫੇਲ੍ਹ, ਰਾਹੁਲ ਗਾਂਧੀ ਦੀ ਅਗਵਾਈ ਹੇਠ ਦੇਸ਼ ਅਤੇ ਪੰਜਾਬ ਵਿੱਚ ਕਾਂਗਰਸ ਲਗਾਤਾਰ ਹੋ ਰਹੀ ਮਜ਼ਬੂਤ”

ਹੁਸ਼ਿਆਰਪੁਰ, 7 ਜੁਲਾਈ ( ਤਰਸੇਮ ਦੀਵਾਨਾ ) – ਉੱਘੇ ਕਾਂਗਰਸੀ ਆਗੂ ਐਡਵੋਕੇਟ ਰੋਹਿਤ ਜੋਸ਼ੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਭਰ ਵਿੱਚ ਕਾਂਗਰਸ ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ ਕੇਂਦਰ ਵਿੱਚ ਮੁੜ ਸਰਕਾਰ ਬਣਾਉਣ ਦੀ ਦਿਸ਼ਾ ਵੱਲ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਈ ਰਾਜਾਂ ਵਿੱਚ ਕਾਂਗਰਸ ਦੀਆਂ ਸਰਕਾਰਾਂ ਬਣਨ ਨਾਲ ਪਾਰਟੀ ਵਰਕਰਾਂ ਦਾ ਮਨੋਬਲ ਬਹੁਤ ਉੱਚਾ ਹੋਇਆ ਹੈ। ਹੁਣ ਸਾਲ 2027 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਕਾਂਗਰਸ ਕੋਲ ਲੋਕਾਂ ਦਾ ਭਰੋਸਾ ਜਿੱਤ ਕੇ ਸੂਬੇ ਵਿੱਚ ਮੁੜ ਸਰਕਾਰ ਬਣਾਉਣ ਦਾ ਇੱਕ ਸੁਨਹਿਰੀ ਮੌਕਾ ਹੈ। ਐਡਵੋਕੇਟ ਰੋਹਿਤ ਜੋਸ਼ੀ ਨੇ ਪੰਜਾਬ ਕਾਂਗਰਸ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਉਹ ਆਪਣੇ ਨਿੱਜੀ ਮਤਭੇਦਾਂ ਅਤੇ ਫੁੱਟਬਾਜ਼ੀ ਨੂੰ ਪਿੱਛੇ ਛੱਡ ਕੇ ਇਕਜੁੱਟ ਹੋ ਕੇ ਕੰਮ ਕਰਨ।

ਉਨ੍ਹਾਂ ਕਿਹਾ “ਵਿਰੋਧੀ ਪਾਰਟੀਆਂ ਭਾਜਪਾ ਅਤੇ ਆਮ ਆਦਮੀ ਪਾਰਟੀ ਨੂੰ ਕਾਂਗਰਸ ਵਿਰੁੱਧ ਦੁਰਪ੍ਰਚਾਰ ਕਰਨ ਦਾ ਕੋਈ ਵੀ ਮੌਕਾ ਨਹੀਂ ਮਿਲਣਾ ਚਾਹੀਦਾ। ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਨਿੱਜੀ ਹਿੱਤਾਂ ਤੋਂ ਉੱਪਰ ਉੱਠ ਕੇ ਪਾਰਟੀ ਅਤੇ ਲੋਕ ਹਿੱਤ ਵਿੱਚ ਕੰਮ ਕਰਨਾ ਚਾਹੀਦਾ ਹੈ ਅਤੇ ਰਾਹੁਲ ਗਾਂਧੀ ਦੀ ਅਗਵਾਈ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਕਾਂਗਰਸ ਦੀ ਇਕਜੁੱਟਤਾ ਅਤੇ ਲੋਕ-ਹਿੱਤ ਦੀ ਰਾਜਨੀਤੀ ਦੇ ਬਲਬੂਤੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ, ਜਿਸ ਨਾਲ ਸੂਬੇ ਅਤੇ ਦੇਸ਼ ਨੂੰ ਮੁੜ ਵਿਕਾਸ ਤੇ ਖੁਸ਼ਹਾਲੀ ਦੇ ਰਾਹ ‘ਤੇ ਲਿਜਾਇਆ ਜਾ ਸਕੇਗਾ। ਐਡਵੋਕੇਟ ਜੋਸ਼ੀ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਾਲ 2014 ਤੋਂ ਸੱਤਾ ਸੰਭਾਲਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਾਤਾਰ ‘ਕਾਂਗਰਸ ਮੁਕਤ ਭਾਰਤ’ ਦਾ ਨਾਅਰਾ ਦਿੰਦੇ ਰਹੇ ਹਨ, ਪਰ ਅੱਜ ਦੇਸ਼ ਦੀ ਜਨਤਾ ਇਸ ਰਾਜਨੀਤੀ ਦੀ ਅਸਲੀਅਤ ਨੂੰ ਚੰਗੀ ਤਰ੍ਹਾਂ ਸਮਝ ਚੁੱਕੀ ਹੈ।

ਰਾਹੁਲ ਗਾਂਧੀ ਵਿਰੁੱਧ ਸਾਲਾਂ ਤੱਕ ਕੂੜ ਪ੍ਰਚਾਰ ਕੀਤਾ ਗਿਆ

ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਰੁੱਧ ਸਾਲਾਂ ਤੱਕ ਕੂੜ ਪ੍ਰਚਾਰ ਕੀਤਾ ਗਿਆ, ਪਰ ਹੁਣ ਲੋਕਾਂ ਨੂੰ ਅਹਿਸਾਸ ਹੋ ਗਿਆ ਹੈ ਕਿ ਭਾਜਪਾ ਦੀ ਰਾਜਨੀਤੀ ਸਿਰਫ਼ ਝੂਠ ਅਤੇ ਭਰਮ ਫੈਲਾਉਣ ‘ਤੇ ਆਧਾਰਿਤ ਹੈ। ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਇੱਕ ਦਹਾਕੇ ਦੌਰਾਨ ਭਾਜਪਾ ਨੇ ਰਾਹੁਲ ਗਾਂਧੀ ਅਤੇ ਗਾਂਧੀ ਪਰਿਵਾਰ ਦੀ ਛਵੀ ਖਰਾਬ ਕਰਨ ਲਈ ਸੋਸ਼ਲ ਮੀਡੀਆ ਸਮੇਤ ਵੱਖ-ਵੱਖ ਮਾਧਿਅਮਾਂ ‘ਤੇ ਕਰੋੜਾਂ ਰੁਪਏ ਪਾਣੀ ਵਾਂਗ ਵਹਾਏ, ਪਰ ਇਸ ਦੇ ਬਾਵਜੂਦ ਰਾਹੁਲ ਗਾਂਧੀ ਦੀ ਲੋਕਪ੍ਰਿਯਤਾ ਲਗਾਤਾਰ ਵਧੀ ਹੈ। ਉਹਨਾਂ ਕਿਹਾ ਕਿ ਰਾਹੁਲ ਗਾਂਧੀ ਨੇ ਦੇਸ਼ ਭਰ ਵਿੱਚ ਆਮ ਲੋਕਾਂ, ਗਰੀਬਾਂ ਅਤੇ ਕਿਸਾਨਾਂ ਦੇ ਮੁੱਦਿਆਂ ਨੂੰ ਸੜਕ ਤੋਂ ਸੰਸਦ ਤੱਕ ਮਜ਼ਬੂਤੀ ਨਾਲ ਉਠਾਇਆ ਹੈ ਅਤੇ ਉਹ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਨਿਆਂ, ਸੰਵਿਧਾਨ ਅਤੇ ਲੋਕਤੰਤਰ ਦੀ ਰੱਖਿਆ ਲਈ ਸੰਘਰਸ਼ ਕਰ ਰਹੇ ਹਨ।

ਉਹਨਾਂ ਕਿਹਾ ਕਿ ਇਸੇ ਸੰਘਰਸ਼ ਸਦਕਾ ਅੱਜ ਨਾ ਸਿਰਫ਼ ਦੇਸ਼ ਵਿੱਚ, ਸਗੋਂ ਅੰਤਰਰਾਸ਼ਟਰੀ ਪੱਧਰ ‘ਤੇ ਵੀ ਉਨ੍ਹਾਂ ਦੀ ਸਵੀਕਾਰਤਾ ਵਧੀ ਹੈ ਅਤੇ ਆਮ ਲੋਕ ਉਨ੍ਹਾਂ ਨੂੰ ਆਪਣੀ ਸੱਚੀ ਆਵਾਜ਼ ਮੰਨਣ ਲੱਗ ਪਏ ਹਨ। ਐਡਵੋਕੇਟ ਰੋਹਿਤ ਜੋਸ਼ੀ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਨੇ ਦੇਸ਼ ਦੀ ਅਰਥਵਿਵਸਥਾ ਨੂੰ ਬੁਰੀ ਤਰ੍ਹਾਂ ਕਮਜ਼ੋਰ ਕਰ ਦਿੱਤਾ ਹੈ, ਜਿਸ ਕਾਰਨ ਅੱਜ ਆਮ ਲੋਕ ਰਿਕਾਰਡ ਤੋੜ ਮਹਿੰਗਾਈ, ਬੇਰੁਜਗਾਰੀ ਅਤੇ ਭਾਰੀ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਪੰਜਾਬ ਦੇ ਲੋਕ ਹੁਣ ਇਸ ਮੌਜੂਦਾ ਸਿਸਟਮ ਤੋਂ ਬਦਲਾਅ ਚਾਹੁੰਦੇ ਹਨ। ਜਨਤਾ ਭਾਜਪਾ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ-ਵਿਰੋਧੀ ਨੀਤੀਆਂ ਤੋਂ ਪੂਰੀ ਤਰ੍ਹਾਂ ਨਿਰਾਸ਼ ਹੋ ਕੇ ਹੁਣ ਕਾਂਗਰਸ ਵੱਲ ਉਮੀਦ ਭਰੀਆਂ ਨਜ਼ਰਾਂ ਨਾਲ ਦੇਖ ਰਹੀ ਹੈ।

By admin

Related Post